ਬਕਾਇਆ ਬਿੱਲਾਂ ਬਦਲੇ ਹਸਪਤਾਲ ਮ੍ਰਿਤਕ ਦੇਹਾਂ ਸੌਂਪਣ ਤੋਂ ਨਹੀਂ ਕਰ ਸਕਦੇ ਇਨਕਾਰ: ਜਤਿੰਦਰ ਸਿੰਘ ਸ਼ੰਟੀ
ਬੁਢਲਾਡਾ
ਬੁਢਲਾਡਾ, (ਪੱਤਰ ਪ੍ਰੇਰਕ)
ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ਼੍ਰੀ ਐਵਾਰਡੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਕਾਲਜ ਵਿਖੇ ਲੋਕਾਂ ਨਾਲ ਇੱਕ ਖੁੱਲ੍ਹਾ ਸੰਵਾਦ ਰਚਾਇਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਲਈ ਮੌਕੇ 'ਤੇ ਹੀ ਹਾਜ਼ਰ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਇਸ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ. ਜਤਿੰਦਰ ਸਿੰਘ ਸ਼ੰਟੀ ਨੇ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨੋਟੀਫਿਕੇਸ਼ਨ ਅਨੁਸਾਰ ਹੁਣ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਇਲਾਜ ਦੇ ਬਕਾਇਆ ਬਿੱਲਾਂ ਦਾ ਭੁਗਤਾਨ ਨਾ ਹੋਣ ਦੀ ਸੂਰਤ ਵਿੱਚ ਮ੍ਰਿਤਕ ਦੇਹ ਵਾਰਸਾਂ ਨੂੰ ਸੌਂਪਣ ਤੋਂ ਇਨਕਾਰ ਨਹੀਂ ਕਰ ਸਕੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।
ਲੋਕਾਂ ਨੂੰ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦਾ ਸੱਦਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਸ਼ਿਕਾਇਤ ਕਮਿਸ਼ਨ ਦੇ ਵਟਸਐਪ ਨੰਬਰ 98554-75547 'ਤੇ ਆਸਾਨੀ ਨਾਲ ਦਰਜ ਕਰਵਾਈ ਜਾ ਸਕਦੀ ਹੈ।
ਇਸ ਤੋਂ ਇਲਾਵਾ ਸ. ਸ਼ੰਟੀ ਦੀ ਅਗਵਾਈ ਹੇਠ ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਇੱਕ ਜਾਗਰੂਕਤਾ ਰੈਲੀ ਵੀ ਕੱਢੀ ਗਈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 'ਨਸ਼ਾ ਮੁਕਤ ਪੰਜਾਬ' ਮੁਹਿੰਮ ਵਿੱਚ ਪ੍ਰਸ਼ਾਸਨ ਦਾ ਵੱਧ-ਚੜ੍ਹ ਕੇ ਸਾਥ ਦੇਣ।
ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀਆਂ, ਗੁਰੂ ਨਾਨਕ ਕਾਲਜ ਦੀ ਪ੍ਰਬੰਧਕੀ ਕਮੇਟੀ, ਕਈ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ।
ਪਬਲਿਸ਼ਰ: Zila Mansa News | ਇਹ ਡਿਜੀਟਲ ਕਲਿੱਪ news.zilamansa.com ਦੁਆਰਾ ਤਿਆਰ ਕੀਤੀ ਗਈ ਹੈ।